ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ
ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ, ਪੰਜਾਬੀ ਦੇ ਨਾਮਵਰ ਕਵੀ ਸੁਰਜੀਤ ਪਾਤਰ ਦੀ ਇੱਕ ਚਰਚਿਤ ਕਵਿਤਾ ਹੈ। ਇਹ 1970ਵਿਆਂ ਵਿੱਚ ਅਤੇ 1980ਵਿਆਂ ਦੇ ਪਹਿਲੇ ਸਾਲਾਂ ਦੌਰਾਨ ਭਾਰਤੀ ਪੰਜਾਬ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਇਨਕਲਾਬ ਲੋਚਦੇ ਨੌਜਵਾਨਾਂ ਵਿੱਚ ਖਾਸ ਕਰ ਮਕਬੂਲ ਹੋਈ ਅਤੇ ਬਹੁਤ ਗਾਈ ਗਈ।
ਕਵਿਤਾ
<poem> ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ ਚੁੱਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ। ਗੀਤ ਦੀ ਮੌਤ ਇਸ ਰਾਤ ਜੇ ਹੋ ਗਈ ਮੇਰਾ ਜੀਣਾ ਮੇਰੇ ਯਾਰ ਕਿੰਞ ਸਹਿਣਗੇ।
ਇਸ ਅਦਾਲਤ 'ਚ ਬੰਦੇ ਬਿਰਖ ਹੋ ਗਏ ਫੈਸਲੇ ਸੁਣਦਿਆਂ ਸੁਣਦਿਆਂ ਸੁਕ ਗਏ। ਆਖੋ ਏਨ੍ਹਾਂ ਨੂੰ ਉੱਜੜੇ ਘਰੀਂ ਜਾਣ ਹੁਣ ਇਹ ਕਦੋਂ ਤੀਕ ਇਥੇ ਖੜ੍ਹੇ ਰਹਿਣਗੇ।
ਯਾਰ ਮੇਰੇ ਜੁ ਇਸ ਆਸ 'ਤੇ ਮਰ ਗਏ ਕਿ ਮੈਂ ਉਹਨਾਂ ਦੇ ਦੁੱਖ ਦਾ ਬਣਾਵਾਂਗਾ ਗੀਤ ਜੇ ਮੈਂ ਚੁੱਪ ਹੀ ਰਿਹਾ ਜੇ ਮੈਂ ਕੁਝ ਨਾ ਕਿਹਾ ਬਣਕੇ ਰੂਹਾਂ ਸਦਾ ਭਟਕਦੇ ਰਹਿਣਗੇ।
ਜੋ ਵਿਦੇਸ਼ਾਂ 'ਚ ਰੁਲਦੇ ਨੇ ਰੋਜ਼ੀ ਲਈ ਉਹ ਜਦੋਂ ਦੇਸ਼ ਪਰਤਣਗੇ ਆਪਣੇ ਕਦੀ ਕੁਝ ਤਾਂ ਸੇਕਣਗੇ ਮਾਂ ਦੇ ਸਿਵੇ ਦੀ ਅਗਨ ਬਾਕੀ ਕਬਰਾਂ ਦੇ ਰੁੱਖ ਹੇਠ ਜਾ ਬਹਿਣਗੇ।
ਕੀ ਇਹ ਇਨਸਾਫ਼ ਹਉਮੈਂ ਦੇ ਪੁੱਤ ਕਰਨਗੇ ਕੀ ਇਹ ਖ਼ਾਮੋਸ਼ ਪੱਥਰ ਦੇ ਬੁੱਤ ਕਰਨਗੇ। ਜੋ ਸਲੀਬਾਂ ਤੇ ਟੰਗੇ ਨੇ ਲੱਥਣੇ ਨਹੀਂ ਰਾਜ ਬਦਲਣਗੇ ਸੂਰਜ ਚੜ੍ਹਨ ਲਹਿਣਗੇ।
ਇਹ ਜੁ ਰੰਗਾਂ 'ਚ ਚਿੱਤਰੇ ਨੇ ਖੁਰ ਜਾਣਗੇ ਇਹ ਜੁ ਮਰਮਰ 'ਚ ਉੱਕਰੇ ਨੇ ਮਿਟ ਜਾਣਗੇ। ਬਲਦੇ ਹਥਾਂ ਨੇ ਜਿਹੜੇ ਹਵਾ ਵਿੱਚ ਲਿਖੇ ਹਰਫ਼ ਉਹੀ ਹਮੇਸ਼ਾ ਲਿਖੇ ਜਾਣਗੇ।
ਇਹ ਵੀ ਸ਼ਾਇਦ ਮੇਰਾ ਆਪਣਾ ਵਹਿਮ ਹੈ ਕੋਈ ਦੀਵਾ ਜਗੇਗਾ ਮੇਰੀ ਕਬਰ 'ਤੇ ਜੇ ਹਵਾ ਇਹ ਰਹੀ ਕਬਰਾਂ ਉੱਤੇ ਤਾਂ ਕੀ ਸਭ ਘਰਾਂ 'ਚ ਵੀ ਦੀਵੇ ਬੁਝੇ ਰਹਿਣਗੇ।[1]
- ਸੁਰਜੀਤ ਪਾਤਰ*
</poem>